ਪੰਜਾਬ ‘ਚ ਕਣਕ ਦੀ ਖਰੀਦ ਅੱਜ ਤੋਂ ਸ਼ੁਰੂ,

Spread the love

ਸੂਬੇ ਦੀਆਂ ਮੰਡੀਆਂ ‘ਚ ਪ੍ਰਬੰਧ ਹੋਏ ਮੁਕੰਮਲ: CM ਮਾਨ

ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਅੱਜ, ਮੰਗਲਵਾਰ ਤੋਂ ਸ਼ੁਰੂ ਹੋ ਰਹੀ ਹੈ। ਇਸ ਵਾਰ ਸਰਕਾਰ ਨੇ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ (MSP) 2475 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਹੈ। ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਅਕਾਊਂਟ ‘ਤੇ ਪੋਸਟ ਵੀ ਸਾਂਝੀ ਕੀਤੀ ਹੈ। CM ਮਾਨ ਨੇ ਲਿਖਿਆ- ਅੱਜ ਤੋਂ ਮੰਡੀਆਂ ‘ਚ ਕਣਕ ਦੀ ਖਰੀਦ ਸ਼ੁਰੂ ਹੈ। ਮੰਡੀਆਂ ‘ਚ ਪ੍ਰਬੰਧ ਮੁਕੰਮਲ ਨੇ। ਟਰਾਲੀ ਤੋਂ ਫ਼ਸਲ ਲਹਿੰਦੇ ਹੀ ਕਿਸਾਨਾਂ ਦੀ ਫ਼ਸਲ ਦਾ ਭੁਗਤਾਨ ਕਰਨ ਦੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰ ਦਿੱਤੇ ਨੇ, ਨਾਲ ਹੀ ਉਹਨਾਂ ਨੂੰ ਮੰਡੀਆਂ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਮੰਡੀਆਂ ‘ਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਦਿੱਕਤ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਮੰਤਰੀ ਲਾਲਚੰਦ ਕਟਾਰੂਚੱਕ ਨੇ ਦਾਅਵਾ ਕੀਤਾ ਹੈ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਦੀਆਂ ਸਾਰੀਆਂ ਤਿਆਰੀਆਂ ਹੋ ਚੁੱਕੀਆਂ ਹਨ ਅਤੇ ਹੁਣ ਸਿਰਫ਼ ਕਿਸਾਨਾਂ ਦੀਆਂ ਫਸਲਾਂ ਦੀ ਉਡੀਕ ਹੈ। ਇਸ ਵਾਰ, ਸਰਕਾਰ ਨੇ 28,000 ਕਰੋੜ ਰੁਪਏ ਦੀ ਨਕਦ ਕ੍ਰੈਡਿਟ ਸੀਮਾ ਪ੍ਰਦਾਨ ਕੀਤੀ ਹੈ, ਜਿਸ ਰਾਹੀਂ ਕਿਸਾਨਾਂ ਨੂੰ 24 ਘੰਟਿਆਂ ਦੇ ਅੰਦਰ ਪੂਰਾ MSP ਅਦਾ ਕੀਤਾ ਜਾਵੇਗਾ। ਮੰਤਰੀ ਨੇ ਕਿਹਾ ਕਿ ਸੂਬੇ ਭਰ ਦੀਆਂ 1,864 ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਬੋਰੀਆਂ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ, ਲੋੜ ਪੈਣ ‘ਤੇ 700 ਅਸਥਾਈ ਖਰੀਦ ਕੇਂਦਰ ਵੀ ਤਿਆਰ ਰੱਖੇ ਗਏ ਹਨ। ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਪਾਣੀ, ਡਾਕਟਰੀ ਸਹੂਲਤਾਂ ਅਤੇ ਹੋਰ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ। ਸਰਕਾਰ ਦਾ ਦਾਅਵਾ ਹੈ ਕਿ ਇਸ ਵਾਰ ਖਰੀਦ ਪ੍ਰਕਿਰਿਆ ਪੂਰੀ ਤਰ੍ਹਾਂ ਸੁਚਾਰੂ ਰੱਖੀ ਜਾਵੇਗੀ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

Posted on 1st April 2025

Latest Post