
ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਕਤਲ ਕੇਸ ਦੀ ਕੇਂਦਰੀ ਏਜੰਸੀਆਂ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਉਹਨਾਂ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਹੈ। ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਇਹ ਜਾਣਕਾਰੀ ਦਿੱਤੀ ਹੈ।
ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਅੱਜ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ, ਜਿੱਥੇ ਉਹਨਾਂ ਨੇ ਮਰਹੂਮ ਗਾਇਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਗਜੇਂਦਰ ਸ਼ੇਖ਼ਾਵਤ ਨੇ ਕਿਹਾ ਕਿ ਇਨਸਾਫ਼ ਦੀ ਲੜਾਈ ਵਿਚ ਭਾਜਪਾ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਖੜ੍ਹੀ ਹੈ।

ਸੋਸ਼ਲ ਮੀਡੀਆ ’ਤੇ ਉਹਨਾਂ ਕਿਹਾ, “ਜਵਾਨ ਪੁੱਤ ਦੀ ਬੇਰਹਿਮੀ ਨਾਲ ਹੱਤਿਆ ਤੋਂ ਬਾਅਦ ਪਿਤਾ ਦੇ ਅੰਦਰ ਬਹੁਤ ਕੁੱਝ ਟੁੱਟਿਆ ਹੈ ਪਰ ਸਲਾਮ ਹੈ ਉਹਨਾਂ ਦੇ ਹੌਸਲੇ ਦੀ ਕਿ ਉਹਨਾਂ ਨੇ ਖੁਦ ਨੂੰ ਸੰਭਾਲਿਆ ਹੈ। ਉਹਨਾਂ ਦਾ ਜਜ਼ਬਾ ਇਨਸਾਫ ਮੰਗ ਰਿਹਾ ਹੈ”। ਇਸ ਮੌਕੇ ਉਹਨਾਂ ਨਾਲ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਭਾਜਪਾ ਆਗੂ ਸੁਨੀਲ ਜਾਖੜ, ਫਤਹਿਜੰਗ ਸਿੰਘ ਬਾਜਵਾ ਤੇ ਅਰਵਿੰਦ ਖੰਨਾ ਵੀ ਮੌਜੂਦ ਰਹੇ।
Posted on 2nd June 2022