ਕੇਂਦਰ ਸਰਕਾਰ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੀਤੀ Z Security ਦੀ ਪੇਸ਼ਕਸ਼

Spread the love

ਅੰਮ੍ਰਿਤਸਰ: ਕੇਂਦਰ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਐਲਾਨ ਕੀਤਾ ਹੈ। ਹਾਲਾਂਕਿ ਅਜੇ ਤੱਕ ਇਹ ਹੁਕਮ ਸ੍ਰੀ ਅਕਾਲ ਤਖ਼ਤ ਸਾਹਿਬ ਨਹੀਂ ਪਹੁੰਚੇ ਹਨ ਪਰ ਭਾਜਪਾ ਆਗੂਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਵੀਆਈਪੀਜ਼ ਦੀ ਸੁਰੱਖਿਆ ਸਟੇਟਸ ਦਾ ਪ੍ਰਤੀਕ ਨਹੀਂ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਿੱਖਾਂ ਲਈ ਸਤਿਕਾਰਯੋਗ ਹਨ। ਜੇਕਰ ਕੋਈ ਛੋਟੀ ਜਿਹੀ ਘਟਨਾ ਵਾਪਰਦੀ ਹੈ ਤਾਂ ਇਸ ਦਾ ਅਸਰ ਪੂਰੇ ਦੇਸ਼ ‘ਤੇ ਪਵੇਗਾ।

ਕੇਂਦਰੀ ਗ੍ਰਹਿ ਮੰਤਰਾਲੇ ਦਾ ਧੰਨਵਾਦ ਕਰਦਿਆਂ ਮਨਜਿੰਦਰ ਸਿਰਸਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਧਮਕੀਆਂ ਦੇ ਮੱਦੇਨਜ਼ਰ ਅੱਜ ਜਥੇਦਾਰ ਹਰਪ੍ਰੀਤ ਸਿੰਘ ਨੂੰ ਜ਼ੈੱਡ ਸੁਰੱਖਿਆ ਮੁਹੱਈਆ ਕਰਵਾਈ ਹੈ। ਇਹ ਸੁਰੱਖਿਆ ਜਾਨ ਦੀ ਰੱਖਿਆ ਲਈ ਹੈ। ਮੈਂ ਇਸ ‘ਤੇ ਕੇਂਦਰੀ ਮੰਤਰਾਲੇ ਅਤੇ ਗ੍ਰਹਿ ਮੰਤਰੀ ਦਾ ਧੰਨਵਾਦ ਕਰਦਾ ਹਾਂ।ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਨੇ ਵੀਆਈਪੀਜ਼ ਦੀ ਸੁਰੱਖਿਆ ਵਿਚ ਕਟੌਤੀ ਕਰ ਦਿੱਤੀ ਸੀ। ਉਹਨਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਵੀ ਅੱਧੀ ਕਰ ਦਿੱਤੀ।

ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਤੀਕਰਮ ਦਿੰਦਿਆਂ ਆਪਣੀ ਪੂਰੀ ਸੁਰੱਖਿਆ ਵਾਪਸ ਕਰਨ ਦਾ ਐਲਾਨ ਕੀਤਾ ਸੀ। ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਸੀ। ਸ਼੍ਰੋਮਣੀ ਕਮੇਟੀ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਆਪਣੀ ਟਾਸਕ ਫੋਰਸ ਦੇ 10 ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਹਨ। ਵਿਵਾਦ ਤੋਂ ਬਾਅਦ ਮਾਨ ਸਰਕਾਰ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਬਹਾਲੀ ਦਾ ਐਲਾਨ ਕੀਤਾ ਸੀ ਪਰ ਜਥੇਦਾਰ ਨੇ ਸਪੱਸ਼ਟ ਕੀਤਾ ਕਿ ਉਹ ਪੰਜਾਬ ਪੁਲਿਸ ਦੀ ਸੁਰੱਖਿਆ ਆਪਣੇ ਕੋਲ ਨਹੀਂ ਰੱਖਣਗੇ।

Posted on 3rd June 2022

Latest Post