ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪੂਰੇ ਪੰਜਾਬ ਵਿੱਚ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਕੈਂਡਲ ਮਾਰਚ ਕੱਢਿਆ ਜਾ ਰਿਹਾ ਹੈ। ਮੂਸੇਵਾਲਾ ਦੇ ਹਤਿਆਰਿਆਂ ਨੂੰ ਫੜ ਕੇ ਉਨ੍ਹਾਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਇਸੇ ਤਹਿਤ ਨਾਭਾ ਵਿਖੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਕਾਂਗਰਸੀ ਵਰਕਰਾਂ ਵੱਲੋਂ ਕੈਂਡਲ ਮਾਰਚ ਕੱਢ ਕੇ ਸਿੱਧੂ ਮੂਸੇਵਾਲੇ ਨੂੰ ਸ਼ਰਧਾਂਜਲੀ ਦਿੱਤੀ ਗਈ।
‘ਸਿੱਧੂ ਮੂਸੇਵਾਲਾ ਅਮਰ ਰਹੇ’ ਦੇ ਨਾਅਰਿਆਂ ਨਾਲ ਵੱਖ-ਵੱਖ ਬਾਜ਼ਾਰਾਂ ਵਿਚੋਂ ਇਹ ਕੈਂਡਲ ਮਾਰਚ ਕੱਢਿਆ ਗਿਆ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਜਿਸ ਦਾ ਇਕਲੌਤਾ ਪੁੱਤ ਚਲਾ ਗਿਆ ਹੋਵੇ, ਉਸ ਪਰਿਵਾਰ ਉਤੇ ਕੀ ਬੀਤਦੀ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਕਾਤਲਾਂ ਨੂੰ ਸਲਾਖਾਂ ਪਿੱਛੇ ਪਹੁੰਚਾਉਣਾ ਚਾਹੀਦਾ ਹੈ।
ਇਸ ਮੌਕੇ ਕੈਂਡਲ ਮਾਰਚ ਵਿਚ ਸੈਂਕੜਿਆਂ ਦੀ ਤਾਦਾਦ ਵਿੱਚ ਕਾਂਗਰਸੀ ਆਗੂ ਅਤੇ ਸ਼ਹਿਰ ਨਿਵਾਸੀ ਸ਼ਾਮਲ ਸਨ। ਇਸ ਮੌਕੇ ਵੱਖ-ਵੱਖ ਆਗੂਆਂ ਦੇ ਹੱਥ ਵਿਚ ਸਿੱਧੂ ਮੂਸੇਵਾਲੇ ਦੀਆਂ ਤਸਵੀਰਾਂ ਲੈ ਕੇ ਇਹ ਮਾਰਚ ਕੱਢਿਆ ਗਿਆ। ਇਸ ਕੈਂਡਲ ਮਾਰਚ ਵਿਚ ਯੂਥ ਵਰਗ ਅਤੇ ਬਜ਼ੁਰਗ ਵੀ ਵਿਖਾਈ ਦਿੱਤੇ।
ਇਸ ਮੌਕੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਹਰ ਰੋਜ਼ ਜੋ ਕਤਲ ਹੋ ਰਹੇ ਹਨ, ਇਸ ਲਈ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲੇ ਦੇ ਕਤਲ ਕੇਸ ਸਬੰਧੀ ਪੈਰਵਾਈ ਕਰ ਰਹੇ ਐੱਸਐੱਚਓਜ਼, ਡੀਐੱਸਪੀ ਨੂੰ ਸਿੱਧੀਆਂ ਧਮਕੀਆਂ ਮਿਲ ਰਹੀਆਂ ਹਨ।
ਉਨ੍ਹਾਂ ਨੇ ਕਿਹਾ ਕਿ ਪੁਲਿਸ ਸਾਰਿਆਂ ਦੀ ਸੁਰੱਖਿਆ ਦਾ ਜ਼ਿੰਮਾ ਰੱਖਦੀ ਹੈ ਅਤੇ ਇਸ ਤਰ੍ਹਾਂ ਜੋ ਧਮਕੀਆਂ ਦਿੰਦੇ ਹਨ, ਪੁਲਿਸ ਉਨ੍ਹਾਂ ਤੋਂ ਡਰਨ ਵਾਲੀ ਨਹੀਂ। ਇਸ ਮੌਕੇ ਧਰਮਸੋਤ ਨੇ ਕਿਹਾ ਕਿ ਪ੍ਰਿਯੰਕਾ ਅਤੇ ਰਾਹੁਲ ਗਾਂਧੀ ਸਿੱਧੂ ਮੂਸੇਵਾਲੇ ਦੇ ਘਰ ਦੁੱਖ ਵੰਡਾਉਣ ਲਈ ਆ ਰਹੇ ਹਨ।