ਮੁਹਾਲੀ ਵਿਖੇ ਇਕੱਠੇ ਹੋਏ ਕਿਸਾਨਾਂ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਸੌਂਪਿਆ ਮੰਗ ਪੱਤਰ

Spread the love

ਮੁਹਾਲੀ: ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਇਕੱਠੇ ਹੋਏ ਕਿਸਾਨਾਂ ਨੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਸੌਂਪਿਆ ਹੈ। ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਹੇਠ ਭਾਰਤੀ ਕਿਸਾਨ ਯੂਨੀਅਨ ਚੜੂਨੀ ਪੰਜਾਬ ਅਤੇ ਹਰਿਆਣਾ ਵੱਲੋਂ ਸ਼ਾਂਤਮਈ ਪ੍ਰਦਰਸ਼ਨ ਕੀਤਾ ਗਿਆ।

ਇਸ ਦੌਰਾਨ ਯੂਨੀਅਨ ਦੇ ਅਹੁਦੇਦਾਰਾਂ ਨੇ ਈਵੀਐਮ, ਕਿਸਾਨਾਂ ਤੇ ਮਜ਼ਦੂਰਾਂ ਦੇ ਮੁੱਦੇ, ਪੰਜਾਬ ਵਿਚ ਹੋ ਰਹੀਆਂ ਕਤਲ ਦੀਆਂ ਘਟਨਾਵਾਂ ਅਤੇ ਹੋਰ ਮੰਗਾਂ ਨੂੰ ਲੈ ਕੇ ਪ੍ਰਧਾਨ ਮੰਤਰੀ, ਮੁੱਖ ਮੰਤਰੀ ਪੰਜਾਬ ਅਤੇ ਭਾਰਤੀ ਚੋਣ ਕਮਿਸ਼ਨ ਨੂੰ ਮੰਗ ਪੱਤਰ ਸੌਂਪਿਆ ਹੈ। ਕਿਸਾਨ ਆਗੂ ਨੇ ਦੱਸਿਆ ਕਿ ਉਹਨਾਂ ਦੀ ਮੰਗ ਹੈ ਕਿ ਪੂਰੇ ਦੇਸ਼ ‘ਚ ਈਵੀਐਮ ਦੀ ਵਰਤੋਂ ਬੰਦ ਕਰਕੇ ਸਿਰਫ਼ ਬੈਲੇਟ ਪੇਪਰ ਨਾਲ ਵੋਟਾਂ ਪਵਾਈਆਂ ਜਾਣ।

ਇਸ ਤੋਂ ਇਲਾਵਾ ਪਾਰਟੀ ਸਿਸਟਮ ਖ਼ਤਮ ਕਰਕੇ ਸਿੱਧੀਆਂ ਚੋਣਾਂ ਕਰਵਾਈਆਂ ਜਾਣ। ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਜਾਵੇ, ਐਮਐਸਪੀ ਗਰੰਟੀ ਕਾਨੂੰਨ ਬਣਾਇਆ ਜਾਵੇ। ਗੁਰਾਨਮ ਸਿੰਘ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਕੇਂਦਰ ਦੇ ਹਵਾਲੇ ਨਾ ਕੀਤੀ ਜਾਵੇ, ਇਸ ਸਬੰਧੀ ਵੀ ਮੰਗ ਪੱਤਰ ਸੌਂਪਿਆ ਗਿਆ ਹੈ। ਉਹਨਾਂ ਕਿਹਾ ਕਿ ਵਿਦਿਆਰਥੀ ਪੰਜਾਬ ਯੂਨੀਵਰਸਿਟੀ ਨੂੰ ਬਚਾਉਣ ਲਈ ਜੋ ਵੀ ਸੰਘਰਸ਼ ਕਰਨਗੇ ਅਸੀਂ ਉਹਨਾਂ ਦੇ ਨਾਲ ਹਾਂ ਤੇ ਉਹਨਾਂ ਦੀ ਹਰ ਮਦਦ ਕੀਤੀ ਜਾਵੇਗੀ।

Posted on 10th June 2022

Latest Post