ਟਰੰਪ ਦਾ ਵੱਡਾ ਫੈਸਲਾ, ਹਾਰਵਰਡ ਯੂਨੀਵਰਸਿਟੀ ‘ਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ‘ਤੇ ਲਗਾਈ ਰੋਕ

Spread the love

 

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੱਡਾ ਫੈਸਲਾ ਲਿਆ ਹੈ। ਇਸ ਤਹਿਤ ਹਾਰਵਰਡ ਯੂਨੀਵਰਸਿਟੀ ਵਿਚ ਪੜ੍ਹਾਈ ਲਈ ਵਿਦੇਸ਼ੀ ਵਿਦਿਆਰਥੀਆਂ ਦੇ ਦੇਸ਼ ਵਿਚ ਦਾਖਲੇ ‘ਤੇ 6 ਮਹੀਨੇ ਦੀ ਰੋਕ ਲਗਾਉਣ ਦਾ ਹੁਕਮ ਜਾਰੀ ਕਰ ਦਿੱਤਾ ਗਿਆ ਹੈ। ਇਸ ਹੁਕਮ ‘ਤੇ ਹਸਤਾਖਰ ਕਰਦੇ ਹੋਏ ਟਰੰਪ ਨੇ ਇਸ ਨੂੰ ਰਾਸ਼ਟਰੀ ਸੁਰੱਖਿਆ ਲਈ ਖਤਰਾ ਦੱਸਿਆ ਹੈ। ਟਰੰਪ ਨੇ ਲਿਖਿਆ ਕਿ ਮੇਰੇ ਵਿਚਾਰ ‘ਚ ਵਿਦੇਸ਼ੀਆਂ ਦਾ ਦਾਖਲਾ USA ਦੇ ਹਿੱਤਾਂ ਲਈ ਨੁਕਸਾਨਦਾਇਕ ਹੈ। ਹਾਰਵਰਡ ਦਾ ਚਾਲ-ਚਲਣ ਵਿਦੇਸ਼ੀ ਵਿਦਿਆਰਥੀਆਂ ਲਈ ਅਨੁਚਿਤ ਹੈ। ਇਸ ਫੈਸਲੇ ਦੇ ਬਾਅਦ ਹੁਣ ਵਿਦੇਸ਼ੀ ਵਿਦਿਆਰਥੀਆਂ ਦੇ ਅਮਰੀਕਾ ਵਿਚ ਦਾਖਲੇ ਨੂੰ ਲੈ ਕੇ ਵੱਡੀ ਬਹਿਸ ਸ਼ੁਰੂ ਹੋ ਗਈ ਹੈ। ਟਰੰਪ ਪ੍ਰਸ਼ਾਸਨ ਤੇ ਹਾਰਵਰਡ ਯੂਨੀਵਰਸਿਟੀ ਵਿਚ ਲੰਬੇ ਸਮੇਂ ਤੋਂ ਕਈ ਮੁੱਦਿਆਂ ਨੂੰ ਲੈ ਕੇ ਟਕਰਾਅ ਚੱਲ ਰਿਹਾ ਹੈ। ਹੁਣੇ ਜਿਹੇ ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ ਨੇ ਦੋਸ਼ ਲਗਾਇਆ ਸੀ ਕਿ ਹਾਵਰਡ ਨੇ ਵਿਦੇਸ਼ੀ ਵਿਦਿਆਰਥੀਆਂ ਨਾਲ ਜੁੜੇ ਦੁਰਵਿਵਹਾਰ ਨਾਲ ਸਬੰਧਤ ਜ਼ਰੂਰੀ ਦਸਤਾਵੇਜ਼ ਮੁਹੱਈਆ ਨਹੀਂ ਕਰਵਾਏ ਗਏ ਹਨ। ਜਦੋਂ ਕਿ ਯੂਨੀਵਰਸਿਟੀ ਨੇ ਦਾਅਵਾ ਕੀਤਾ ਹੈ ਕਿ ਉਸਨੇ ਸਾਰੀ ਲੋੜੀਂਦੀ ਜਾਣਕਾਰੀ ਪ੍ਰਦਾਨ ਕਰ ਦਿੱਤੀ ਹੈ। ਇਸ ਤੋਂ ਪਹਿਲਾਂ, ਇੱਕ ਸੰਘੀ ਅਦਾਲਤ ਨੇ ਟਰੰਪ ਪ੍ਰਸ਼ਾਸਨ ਨੂੰ ਵਿਦੇਸ਼ੀ ਵਿਦਿਆਰਥੀਆਂ ‘ਤੇ ਪਾਬੰਦੀ ਲਗਾਉਣ ਤੋਂ ਰੋਕ ਦਿੱਤਾ ਸੀ, ਪਰ ਇਸ ਵਾਰ ਟਰੰਪ ਨੇ ਇਹ ਕਾਰਜਕਾਰੀ ਆਦੇਸ਼ ਇੱਕ ਵੱਖਰੇ ਕਾਨੂੰਨੀ ਆਧਾਰ ‘ਤੇ ਜਾਰੀ ਕੀਤਾ ਹੈ। ਜ਼ਿਕਰਯੋਗ ਹੈ ਕਿ ਹਾਰਵਰਡ ਯੂਨੀਵਰਸਿਟੀ ਵਿਚ ਕੁੱਲ ਵਿਦਿਆਰਥੀਆਂ ਦਾ ਗਭਗ 25 ਫੀਸਦੀ ਹਿੱਸਾ ਕੌਮਾਂਤਰੀ ਵਿਦਿਆਰਥੀਆਂ ਦਾ ਹੈ।

Posted on 6th June 2025

Latest Post