ਸੂਬੇ ‘ਚ ਪਟਵਾਰੀਆਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ, ਸਰਕਾਰੀ ਕੰਮਕਾਜ ਹੋਏ ਠੱਪ

Spread the love

ਪਿੰਡ ਨਾਰੀਕੇ (ਮਾਲੇਰਕੋਟਲਾ) ਦੇ ਪਟਵਾਰੀ ਤੇ ਦਿ ਰੈਵਨਿਊ ਪਟਵਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਛੋਕਰਾਂ ਨੂੰ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰਨ ਖ਼ਿਲਾਫ਼ ਪੰਜਾਬ ਭਰ ਦੇ ਪਟਵਾਰੀਆਂ ਤੇ ਕਾਨੂੰਗੋਆਂ ਵੱਲੋਂ 4 ਮਈ ਤੋਂ 15 ਮਈ ਤੱਕ ਸਮੂਹਿਕ ਛੁੱਟੀ ’ਤੇ ਜਾਣ ਦਾ ਐਲਾਨ ਕੀਤਾ ਗਿਆ ਹੈ ।

ਪਟਵਾਰੀਆਂ ਦੀ ਇਹ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਹੈ। ਅਜਿਹੀ ਸਥਿਤੀ ਵਿੱਚ ਪਟਵਾਰੀ ਸਰਕਲਾਂ ਵਿੱਚ ਕੋਈ ਕੰਮ ਨਹੀਂ ਹੋਵੇਗਾ । ਇਸ ਦੌਰਾਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਟਵਾਰੀਆਂ ਦੇ ਦਫ਼ਤਰ ਬਿਲਕੁਲ ਖ਼ਾਲੀ ਨਜ਼ਰ ਆਏ।

ਪਟਵਾਰੀਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਮਾਲੇਰਕੋਟਲਾ ਮਾਮਲੇ ਵਿੱਚ ਕੇਸ ਵਾਪਸ ਨਾ ਲਿਆ ਤਾਂ ਉਹ ਲੰਬੀ ਹੜਤਾਲ ਕਰਨ ਲਈ ਮਜਬੂਰ ਹੋਣਗੇ।

ਉਨ੍ਹਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਵਿਜੀਲੈਂਸ ਝੂਠੇ ਕੇਸ ਬਣਾ ਰਹੀ ਹੈ, ਉਸ ਨਾਲ ਮਾਲ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਦਫ਼ਤਰਾਂ ਵਿੱਚ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।

ਦੱਸ ਦਈਏ ਕਿ ਮਲੇਰਕੋਟਲਾ ਵਿੱਚ ਪਟਵਾਰੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਟਵਾਰ ਯੂਨੀਅਨਾਂ ਨੇ ਸਰਕਾਰ ਤੇ ਵਿਜੀਲੈਂਸ ਵਿਭਾਗ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਯੂਨੀਅਨ ਦਾ ਕਹਿਣਾ ਹੈ ਕਿ ਪਟਵਾਰੀਆਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਜਿਸ ਦੇ ਆਧਾਰ ‘ਤੇ ਮਾਲੇਰਕੋਟਲਾ ਦੇ ਪਟਵਾਰੀ ਦੀਦਾਰ ਸਿੰਘ ਛੋਕਰਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ । ਉਸ ਦਾ ਉਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ।

ਵਿਜੀਲੈਂਸ ਨੇ ਤੱਥਾਂ ਦੀ ਪੜਤਾਲ ਕੀਤੇ ਬਿਨ੍ਹਾਂ ਹੀ ਪਟਵਾਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਯੂਨੀਅਨ ਨੇ ਦਾਅਵਾ ਕੀਤਾ ਹੈ ਕਿ ਦੀਦਾਰ ਸਿੰਘ ਦਾ ਵੀਡੀਓ ਵਿੱਚ ਦਿਖਾਏ ਭ੍ਰਿਸ਼ਟਾਚਾਰ ਨਾਲ ਉਸ ਦਾ ਕੋਈ ਲੈਣਾ-ਦੇਣਾ ਨਹੀਂ ।

CAMLIVE TV

Posted on 5th May 2022

Latest Post