ਮੁਹਾਲੀ ਘਟਨਾ ਦੇ ਦੋਸ਼ੀਆਂ ਨੂੰ ਅਜਿਹੀ ਸਜ਼ਾ ਦੇਵਾਂਗੇ ਕਿ ਉਹਨਾਂ ਦੀਆਂ ਪੀੜ੍ਹੀਆਂ ਵੀ ਯਾਦ ਰੱਖਣਗੀਆਂ- CM ਮਾਨ

Spread the love

ਚੰਡੀਗੜ੍ਹ: ਮੁਹਾਲੀ ‘ਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡ ਕੁਆਰਟਰ ‘ਤੇ ਹੋਏ ਹਮਲੇ ਤੋਂ ਬਾਅਦ ਵਿਰੋਧੀ ਪਾਰਟੀਆਂ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਹਮਲੇ ਕਰ ਰਹੀਆਂ ਹਨ। ਕਈਆਂ ਨੇ ਇਸ ਘਟਨਾ ਨੂੰ ਅਤਿਵਾਦ ਦੀ ਸ਼ੁਰੂਆਤ ਦੱਸਿਆ ਤਾਂ ਕਈਆਂ ਨੇ ਪੰਜਾਬ ਪੁਲਿਸ ਅਤੇ ਭਗਵੰਤ ਮਾਨ ਸਰਕਾਰ ਦੀ ਨਾਕਾਮੀ ਦੱਸਿਆ। ਇਸ ਘਟਨਾ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ  ਪੰਜਾਬ ਸਣੇ ਵੱਡੇ ਪੁਲਿਸ ਅਫਸਰਾਂ ਨਾਲ ਮੀਟਿੰਗ ਕੀਤੀ।

ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਸੀਐਮ ਮਾਨ ਨੇ ਕਿਹਾ ਕਿ ਦੇਸ਼ ਦੇ ਦੁਸ਼ਮਣਾਂ ਵੱਲੋਂ ਲਗਾਤਾਰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਹੁੰਦੀਆਂ ਰਹਿੰਦੀਆਂ ਹਨ ਪਰ ਪੰਜਾਬ ਦੀ ਭਾਈਚਾਰਕ ਸਾਂਝ ਮਜਬੂਤ ਹੋਣ ਕਾਰਨ ਉਹ ਅਪਣੇ ਇਰਾਦਿਆਂ ਵਿਚ ਸਫ਼ਲ ਨਹੀਂ ਹੁੰਦੇ। ਉਹਨਾਂ ਕਿਹਾ, “ਮੁਹਾਲੀ ਘਟਨਾ ਵਿਚ ਕੁਝ ਗ੍ਰਿਫ਼ਤਾਰੀਆਂ ਹੋ ਗਈਆਂ ਹਨ ਅਤੇ ਕੁਝ ਹੋਰ ਹੋ ਜਾਣਗੀਆਂ। ਜਿਸ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ ਤੇ ਉਹਨਾਂ ਦੀਆਂ ਪੀੜ੍ਹੀਆਂ ਵੀ ਯਾਦ ਰੱਖਣੀਆਂ। ਅੱਜ ਸ਼ਾਮ ਤੱਕ ਕਾਫੀ ਕੁੱਝ ਸਪੱਸ਼ਟ ਹੋ ਜਾਵੇਗਾ”।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਧਮਾਕੇ ਨੂੰ ਕਾਇਰਤਾ ਭਰੀ ਕਾਰਵਾਈ ਕਰਾਰ ਦਿੱਤਾ ਅਤੇ ਰਾਘਵ ਚੱਢਾ ਸਮੇਤ ‘ਆਪ’ ਆਗੂਆਂ ਨੇ ਸਪੱਸ਼ਟ ਕਿਹਾ ਕਿ ਪੰਜਾਬ ਸਰਕਾਰ ਦੋਸ਼ੀਆਂ ਨੂੰ ਨਹੀਂ ਬਖਸ਼ੇਗੀ।

ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ, ”ਮੁਹਾਲੀ ਧਮਾਕਾ ਉਹਨਾਂ ਲੋਕਾਂ ਦੀ ਕਾਇਰਤਾ ਭਰੀ ਕਾਰਵਾਈ ਹੈ ਜੋ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ। AAP ਸਰਕਾਰ ਉਹਨਾਂ ਲੋਕਾਂ ਦੀਆਂ ਇੱਛਾਵਾਂ ਪੂਰੀਆਂ ਨਹੀਂ ਹੋਣ ਦੇਵੇਗੀ। ਸਮੂਹ ਪੰਜਾਬ ਵਾਸੀਆਂ ਦੇ ਸਹਿਯੋਗ ਨਾਲ ਹਰ ਹਾਲਤ ਵਿਚ ਅਮਨ ਸ਼ਾਂਤੀ ਕਾਇਮ ਰੱਖੀ ਜਾਵੇਗੀ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ”।

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਟਵੀਟ ਕਰਦਿਆਂ ਕਿਹਾ ਕਿ ਮੁਹਾਲੀ ਧਮਾਕੇ ਵਿਚ ਸ਼ਾਮਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਲਿਖਿਆ, “”ਮੁਹਾਲੀ ਧਮਾਕਾ ਉਹਨਾਂ ਲੋਕਾਂ ਦੀ ਕਾਇਰਤਾ ਭਰੀ ਕਾਰਵਾਈ ਹੈ ਜੋ ਸੂਬੇ ਦੀ ਅਮਨ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੀਆਂ ਹਨ। ਪੰਜਾਬ ਸਰਕਾਰ ਇਸ ਮਾਮਲੇ ਵਿਚ ਸ਼ਾਮਲ ਲੋਕਾਂ ਨੂੰ ਬਖਸ਼ੇਗੀ ਨਹੀਂ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ”।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਕੁਝ ਪੰਜਾਬ ਵਿਰੋਧੀ ਤਾਕਤਾਂ ਸਾਡੇ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਅਸੀਂ ਕਿਸੇ ਨੂੰ ਵੀ ਅਜਿਹਾ ਨਹੀਂ ਕਰਨ ਦੇਵਾਂਗੇ। ਭਗਵੰਤ ਮਾਨ ਸਰਕਾਰ ਚੌਕਸ ਹੈ, ਦੋਸ਼ੀ ਪਾਏ ਜਾਣ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।

Posted on 10th May 2022

Latest Post