ਪਟਿਆਲਾ : ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਲਈ ਸ਼ੁਰੂ ਕੀਤੀ ਮੁਹਿੰਮ ’ਚ ਪਟਿਆਲਾ ਜ਼ਿਲ੍ਹਾ ਪੰਜਾਬ ਭਰ ’ਚੋਂ ਮੋਹਰੀ ਬਣ ਗਿਆ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਲਈ ਵਿੱਢੀ ਮੁਹਿੰਮ ਤਹਿਤ 837 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੁਡਵਾ ਲਏ ਗਏ ਹਨ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਕਬਜ਼ਾ ਵਾਰੰਟਾਂ ਤਹਿਤ ਪਟਿਆਲਾ ਜ਼ਿਲ੍ਹੇ ’ਚੋਂ 287 ਏਕੜ ਅਤੇ 550 ਏਕੜ ਨਾਜਾਇਜ਼ ਕਾਬਜ਼ਕਾਰਾਂ ਵੱਲੋਂ ਸਵੈ-ਇੱਛਤ ਢੰਗ ਨਾਲ ਕਬਜ਼ਾ ਛੱਡਿਆ ਗਿਆ। ਡਿਪਟੀ ਕਮਿਸ਼ਨਰ ਨੇ ਨਾਲ ਹੀ ਨਾਜਾਇਜ਼ ਕਾਬਜ਼ਕਾਰਾਂ ਨੂੰ ਅਪੀਲ ਕੀਤੀ ਕਿ ਆਪਣੇ ਆਪ ਹੀ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਤੁਰੰਤ ਖ਼ਾਲੀ ਕਰ ਦੇਣ। ਜੇਕਰ ਉਹ ਅਜਿਹਾ ਨਹੀਂ ਕਰਨਗੇ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸੁਖਚੈਨ ਸਿੰਘ ਨੇ ਦੱਸਿਆ ਕਿ ਮਵੀ ਸੱਪਾਂ ਵਿਖੇ 16 ਏਕੜ 5 ਕਨਾਲ 12 ਮਰਲੇ ਅਤੇ ਗੱਜੂਮਾਜਰਾ ਵਿਖੇ 2 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ ਗਿਆ। ਇਸ ਤੋਂ ਬਿਨ੍ਹਾਂ ਮਵੀ ਸੱਪਾਂ ਦੀ ਜ਼ਮੀਨ ਦੀ ਬੋਲੀ 1 ਲੱਖ 89 ਹਜ਼ਾਰ 750 ਰੁਪਏ ’ਚ ਕਰਵਾ ਦਿੱਤੀ ਗਈ ਹੈ। ਜਦਕਿ ਗੱਜੂ ਮਾਜਰਾ ’ਚ 4 ਏਕੜ ਦਾ ਕਬਜ਼ਾ ਪਹਿਲਾਂ ਛੁਡਵਾਇਆ ਗਿਆ ਸੀ। ਹੁਣ 6 ਏਕੜ ਜ਼ਮੀਨ ਦੀ ਬੋਲੀ 1 ਲੱਖ 40 ਹਜ਼ਾਰ ’ਚ ਕਰਵਾ ਦਿੱਤੀ ਗਈ ਹੈ।