ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਬ੍ਰਿਟਿਸ਼ ਹਾਈ ਕਮਿਸ਼ਨਰ Alexander Aris, ਕੀਤੀ ਲੰਗਰ ਦੀ ਸੇਵਾ

Spread the love

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਬ੍ਰਿਟਿਸ਼ ਹਾਈ ਕਮਿਸ਼ਨਰ ਅਲੈਗਜ਼ੈਂਡਰ ਏਲਿਸ ਤੇ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨੇ ਪਰਿਵਾਰ ਸਮੇਤ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਣ ’ਤੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੁਨਹਿਰੀ ਮਾਡਲ ਸਮੇਤ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।

ਬ੍ਰਿਟਿਸ਼ ਹਾਈ ਕਮਿਸ਼ਨਰ ਅਲੈਗਜ਼ੈਂਡਰ ਏਲਿਸ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਮੌਕੇ ਜਿਥੇ ਗੁਰਬਾਣੀ ਕੀਰਤਨ ਸਰਵਣ ਕੀਤਾ, ਉਥੇ ਹੀ ਉਨ੍ਹਾਂ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਲੰਗਰ ਤਿਆਰ ਹੁੰਦਾ ਵੇਖਿਆ ਅਤੇ ਲੰਗਰ ਸੇਵਾ ਵੀ ਕੀਤੀ। ਬ੍ਰਿਟਿਸ਼ ਹਾਈ ਕਮਿਸ਼ਨ ਦੇ ਵਫ਼ਦ ਨੇ ਹਜ਼ਾਰਾਂ ਸੰਗਤਾਂ ਵੱਲੋਂ ਇਕੋ ਸਮੇਂ ਲੰਗਰ ਛਕਣ ਬਾਰੇ ਜਾਣ ਕੇ ਖੁਸ਼ੀ ਪ੍ਰਗਟਾਈ।

ਇਸ ਮੌਕੇ ਬ੍ਰਿਟਿਸ਼ ਹਾਈ ਕਮਿਸ਼ਨਰ ਅਲੈਗਜ਼ੈਂਡਰ ਏਲਿਸ ਤੇ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨੇ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਪੁੱਜ ਕੇ ਉਨ੍ਹਾਂ ਨੂੰ ਖੁਸ਼ੀ ਹੋਈ ਹੈ। ਉਨ੍ਹਾਂ ਸਿੱਖਾਂ ਵੱਲੋਂ ਮਨੁੱਖਤਾ ਲਈ ਨਿਭਾਈਆਂ ਜਾਂਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਮਨੁੱਖਤਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਫੇਰੀ ਨੂੰ ਯਾਦਗਾਰੀ ਦੱਸਿਆ। ਇਥੇ ਪਹੁੰਚਣ ’ਤੇ ਮਿਲੇ ਸਨਮਾਨ ਲਈ ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਸੰਸਥਾ ਦਾ ਧੰਨਵਾਦ ਕੀਤਾ। ਵਫ਼ਦ ਨੂੰ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਨੇ ਸ੍ਰੀ ਦਰਬਾਰ ਸਾਹਿਬ ਅਤੇ ਇਥੇ ਸਥਿਤ ਹੋਰ ਗੁਰ ਅਸਥਾਨਾਂ ਦੇ ਇਤਿਹਾਸ ਦੇ ਨਾਲ-ਨਾਲ ਸਿੱਖ ਰਵਾਇਤਾਂ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਬਚਨ ਸਿੰਘ ਕਰਮੂਵਾਲਾ, ਵਧੀਕ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਸੁਲੱਖਣ ਸਿੰਘ ਭੰਗਾਲੀ, ਸੁਖਰਾਜ ਸਿੰਘ, ਸਾਬਕਾ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਇੰਚਾਰਜ ਸ਼ਾਹਬਾਜ ਸਿੰਘ, ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ, ਅੰਮ੍ਰਿਤਪਾਲ ਸਿੰਘ, ਰਣਧੀਰ ਸਿੰਘ ਆਦਿ ਮੌਜੂਦ ਸਨ।

Posted on 15th June 2022

Latest Post